ਨਵੀਂ ਦਿੱਲੀ – ਕੋਰੋਨਾ ਮਾਹਾਂਮਾਰੀ ਦੀ ਵਜ੍ਹਾ ਨਾਲ ਦੋ ਵਾਰ ਮੁਲਤਵੀ ਹੋ ਚੁਕੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਐੱਮਸੀ) ਦੀਆਂ ਚੋਣਾਂ ਜਲਦ ਕਰਵਾਉਣ ਦੀ ਮੰਗ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦਰ ਕੇਜਰੀਵਾਲ ਨੂੰ ਪੱਤਰ ਲਿਖਿਆ ਹੈ।
ਸ: ਢੀਂਡਸਾ ਨੇ ਪੱਤਰ ਵਿੱਚ ਕਿਹਾ ਹੈ ਕਿ ਡੀਐੱਸਜੀਐੱਮਸੀ ਦੀਆਂ ਚੋਣਾਂ 25 ਅਪ੍ਰੈਲ ਨੂੰ ਹੋਣੀਆਂ ਸਨ ਪਰ ਕੋਰੋਨਾ ਮਹਾਂਮਾਰੀ ਦੇ ਚੱਲਦੇ ਇਨ੍ਹਾਂ ਚੋਣਾਂ ਨੂੰ ਮੁਲਤਵੀ ਕਰਕੇ ਅਗਲੀ ਚੋਣਾਂ ਲਈ 18 ਜੁਲਾਈ 2021 ਦਾ ਦਿਨ ਤੈਅ ਕੀਤਾ ਗਿਆ ਸੀ। ਇਸ ਉਪਰੰਤ ਸਰਕਾਰ ਵੱਲੋਂ ਜਾਰੀ ਲਾਕਡਾਉਨ ਦੇ ਆਦੇਸ਼ਾਂ ਅਤੇ ਕੋਰੋਨਾ ਦੇ ਮਾਮਲਿਆਂ ਦੀ ਵੱਧਦੀ ਗਿਣਤੀ ਨੂੰ ਵੇਖਦੇ ਹੋਏ ਇਹ ਚੋਣਾਂ ਮੁੜ ਮੁਲਤਵੀ ਕਰ ਦਿੱਤੀਆਂ ਗਈਆਂ ਸਨ।
ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਹੁਣ ਜਦੋਂ ਦਿੱਲੀ ਸਣੇ ਸਮੁੱਚੇ ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਘੱਟ ਰਹੇ ਹਨ ਅਤੇ ਹਾਲਾਤ ਕਾਫ਼ੀ ਹੱਦ ਤੱਕ ਸੁਧਰ ਚੁੱਕੇ ਹਨ ਅਜਿਹੇ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦਾ ਇਹ ਢੁਕਵਾਂ ਸਮਾਂ ਹੈ। ਸ: ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦੀ ਬਾਦਲ ਧਿਰ ਨੂੰ ਛੱਡ ਕੇ ਇਸ ਸਬੰਧ ਵਿੱਚ ਹਰੇਕ ਨਾਲ ਗੱਲਬਾਤ ਹੋ ਚੁੱਕੀ ਹੈ ਅਤੇ ਸਾਰੀਆਂ ਧਿਰਾਂ ਚੋਣਾਂ ਕਰਵਾਉਣ ਦੇ ਹੱਕ ਵਿੱਚ ਹਨ। ਸ: ਢੀਂਡਸਾ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਦੀ ਗੁਲਕ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਇਸ ਕਰਕੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਪਹਿਲ ਦੇ ਅਧਾਰ `ਤੇ ਇਸ ਸਬੰਧੀ ਜਰੂਰੀ ਪ੍ਰਕਿਰੀਆ ਪੂਰੀ ਕਰਕੇ ਚੋਣਾਂ ਛੇਤੀ ਕਰਵਾਉਣ ਲਈ ਸਬੰਧਤ ਅਥਾਰਟੀ ਨੂੰ ਨਿਰਦੇਸ਼ ਜਾਰੀ ਕਰਨ।

 

Leave a Reply

Your email address will not be published. Required fields are marked *