Wed. Oct 4th, 2023


ਨਵੀਂ ਦਿੱਲੀ- ਦੇਸ਼ ਵਿਚ ਮੋਦੀ ਸਰਕਾਰ ਵੱਲੋਂ ਇੰਡੀਆ ਨਾਂ ਬਦਲ ਕੇ ਭਾਰਤ ਕਰਨ ਦਾ ਮਾਮਲਾ ਸੁਰਖੀਆਂ ਵਿੱਚ ਹੈ, ਇਸੇ ਕੜੀ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਸਰਕਾਰ ਨੂੰ ਸੁਝਾਅ ਦਿੰਦਿਆ ਅਪੀਲ ਕੀਤੀ ਹੈ ਕਿ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਬਦਲ ਕੇ ਗੁਰੂ ਤੇਗ ਬਹਾਦਰ ਜੀ ਦੇ ਨਾਮ ’ਤੇ ਰੱਖਿਆ ਜਾਵੇ।
ਸ: ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਗੁਰੂ ਤੇਗ ਬਹਾਦਰ ਜੀ ਨੇ ਦੇਸ਼ ਹਿੰਦੂ ਧਰਮ ਦੀ ਰੱਖਿਆ ਅਤੇ ਭਾਰਤ ਦੀ ਸਭਿਅਤਾ ਨੂੰ ਬਚਾਉਣ ਲਈ ਆਪਣੀ ਸ਼ਹਾਦਤ ਦਿੱਤੀ। ਮਗਰ ਅਫਸੋਸ ਕਿ ਇੰਨੇ ਸਾਲਾਂ ਬਾਅਦ ਵੀ ਸਮਾਜ ਅੱਜ ਤੱਕ ਉਸ ਦੀ ਕੁਰਬਾਨੀ ਨੂੰ ਨਹੀਂ ਸਮਝ ਸਕਿਆ।
ਅੱਜ ਦੇਸ਼ ਦਾ ਨਾਮ ਇੰਡੀਆ ਤੋਂ ਬਦਲ ਕੇ ਭਾਰਤ ਰੱਖਣ ਦੀ ਗੱਲ ਚੱਲ ਰਹੀ ਹੈ, ਇਸ ਲਈ ਜਿਸ ਮਹਾਨ ਕੁਰਬਾਨੀ ਦੀ ਬਦੌਲਤ ਅੱਜ ਭਾਰਤ ਦੀ ਹੋਂਦ ਹੈ, ਉਸ ਨੂੰ ਮੁੱਖ ਰੱਖਦਿਆਂ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂਅ ’ਤੇ ਕੌਮਾਂਤਰੀ ਹਵਾਈ ਅੱਡੇ ਦਾ ਨਾਂਓ ਰੱਖਿਆ ਜਾਵੇ ਨਾਲ ਹੀ ਇਤਿਹਾਸ ਬਾਰੇ ਜਾਣਕਾਰੀ ਦੇਣ ਵਾਲੇ ਬੋਰਡ ਵੀ ਸਥਾਪਤ ਕੀਤੇ ਜਾਣ ਤਾਂ ਜੋ ਭਾਰਤਵਾਸੀਆਂ ਨੂੰ ਹੀ ਨਹੀਂ ਸਗੋਂ ਵਿਦੇਸ਼ਾਂ ਤੋਂ ਆਉਣ ਵਾਲੇ ਸੈਲਾਨੀਆਂ ਨੂੰ ਵੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ ਜਾਣਕਾਰੀ ਮਿਲ ਸਕੇ ਕਿ ਕਿਉਂ ਅਤੇ ਕਿਸ ਲਈ ਦਿੱਤੀ ਗਈ ਸੀ।
ਸ. ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿਸ ਤਰ੍ਹਾਂ ਪਿਛਲੇ ਸਮੇਂ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਯਾਦ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ, ਉਸ ਤੋਂ ਪਤਾ ਚਲਦਾ ਹੈ ਕਿ ਗੁਰੂ ਸਾਹਿਬ ਪ੍ਰਤੀ ਕਿਤਨੀ ਸ਼ਰਧਾ ਭਾਵਨਾ ਉਨ੍ਹਾਂ ਦੇ ਮਨ ਵਿਚ ਹੈ। ਕਿਸੇ ਵੀ ਕਾਰਣ ਜੇ ਅਜਿਹਾ ਸੰਭਵ ਨਹੀਂ ਹੁੰਦਾ ਤਾਂ ਨਵੇਂ ਬਣਨ ਵਾਲੇ ਜੇਵਰ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਗੁਰੂ ਤੇਗ ਬਹਾਦਰ ਜੀ ਦੇ ਨਾਮ ’ਤੇ ਰੱਖਣ ਦਾ ਵਿਚਾਰ ਸਰਕਾਰ ਵੱਲੋਂ ਕੀਤਾ ਜਾ ਸਕਦਾ ਹੈ।

 

Leave a Reply

Your email address will not be published. Required fields are marked *