ਚੰਡੀਗੜ੍ਹ
ਪੰਜਾਬ ਦੇ ਆਰਜ਼ੀ ਅਧਿਆਪਕਾਂ ਨੇ ਆਪਣੀਆਂ ਮੰਗਾਂ ਮਨਵਾਉਣ ਲਈ ਤਿੱਖੇ ਸੰਘਰਸ਼ ਦਾ ਰਾਹ ਫੜਿਆ ਹੈ। ਦੋ ਦਿਨ ਤੋਂ ਪੰਜਾਬ ਦੇ ਕੱਚੇ ਅਧਿਆਪਕ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਇਮਾਰਤ ਉੱਪਰ ਭੁੱਖੇ ਭਾਣੇ ਡਟੇ ਹੋਏ ਹਨ। ਉਨ੍ਹਾਂ ਨੇ ਆਪਣੇ ਉੱਪਰ ਪੈਟਰੋਲ ਛਿੜਕ ਕੇ ਆਤਮ-ਦਾਹ ਕਰਨ ਦੀ ਧਮਕੀ ਦਿੱਤੀ ਹੋਈ ਹੈ। ਇੱਕ ਅਧਿਆਪਕਾ ਨੇ ਕੱਲ੍ਹ ਰੋਸ ਵਜੋਂ ਸਲਫਾਸ ਨਿਗਲ ਲਈ ਸੀ। ਪਿਛਲੇ 18 ਸਾਲਾਂ ਤੋਂ ਇਹ ਅਧਿਆਪਕ ਨਿਗੂਣੀ ਤਨਖ਼ਾਹ ਮਤਲਬ ਛੇ ਹਜ਼ਾਰ ਰੁਪਏ ਪ੍ਰਤੀ ਮਹੀਨਾ ਉੱਪਰ ਕੰਮ ਕਰਨ ਲਈ ਮਜਬੂਰ ਹਨ। ਇਨ੍ਹਾਂ ਵਿੱਚੋਂ ਬਹੁਤੇ ਨਵੀਂ ਨਿਯੁਕਤੀ ਲਈ ਉਮਰ ਦੀ ਹੱਦ ਟੱਪ ਚੁੱਕੇ ਹਨ। ਇਹ ਅਧਿਆਪਕ ਪਿਛਲੇ ਕਈ ਸਾਲਾਂ ਤੋਂ ਆਪਣੀਆਂ ਸੇਵਾਵਾਂ ਨਿਯਮਿਤ ਜਾਂ ਰੈਗੂਲਰ ਕਰਨ ਦੀ ਮੰਗ ਕਰਦੇ ਹਨ। ਕੱਲ੍ਹ ਸਵੇਰ (16 ਜੂਨ) ਤੋਂ ਇਨ੍ਹਾਂ ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫ਼ਤਰ ਨੂੰ ਘੇਰਾ ਪਾਇਆ ਹੋਇਆ ਹੈ।
ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੇ ਜਨਰਲ ਸਕੱਤਰ- ਡਾ. ਸੁਖਦੇਵ ਸਿੰਘ ਸਿਰਸਾ ਨੇ ਅਧਿਆਪਕਾਂ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਅਧਿਆਪਕਾਂ ਦੀਆਂ ਹੱਕੀ ਮੰਗਾਂ ਤੁਰੰਤ ਪ੍ਰਵਾਨ ਕਰਨ ਅਤੇ ਆਤਮ-ਬਲੀਦਾਨ ਉੱਪਰ ਉਤਾਰੂ ਅਧਿਆਪਕਾਂ ਦੇ ਰੋਸ ਨੂੰ ਸ਼ਾਂਤ ਕਰਨ।

ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੇ ਪ੍ਰਧਾਨ- ਸ੍ਰੀ ਦਰਸ਼ਨ ਬੁੱਟਰ, ਸੀਨੀਅਰ ਮੀਤ ਪ੍ਰਧਾਨ- ਡਾ. ਜੋਗਾ ਸਿੰਘ ਅਤੇ ਜਨਰਲ ਸਕੱਤਰ- ਡਾ. ਸੁਖਦੇਵ ਸਿੰਘ ਸਿਰਸਾ ਨੇ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਅਧਿਆਪਕਾਂ ਦੀਆਂ ਮੰਗਾਂ ਦਾ ਪੁਰਜ਼ੋਰ ਸਮਰਥਨ ਕਰਦੀ ਹੈ। ਜੇਕਰ ਸਰਕਾਰ ਨੇ ਇਨ੍ਹਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਉਸਾਰੂ ਰੁਖ਼ ਅਤੇ ਸੰਵੇਦਨਸ਼ੀਲਤਾ ਨਾ ਦਿਖਾਈ, ਤਾਂ ਕੇਂਦਰੀ ਸਭਾ ਅਧਿਆਪਕਾਂ ਦੇ ਸੰਘਰਸ਼ ਵਿੱਚ ਸੜਕਾਂ ਉੱਤੇ ਉਤਰਨ ਤੋਂ ਗੁਰੇਜ਼ ਨਹੀਂ ਕਰੇਗੀ।

 

Leave a Reply

Your email address will not be published. Required fields are marked *