ਦਿੱਲੀ- ਓਲੰਪੀਅਨ ਪਹਿਲਵਾਨਾਂ ਵਿਨੇਸ਼ ਫੋਗਾਟ, ਬਜਰੰਗ ਪੂਨੀਆ ਤੇ ਸਾਕਸ਼ੀ ਮਲਿਕ ਦੀ ਅਗਵਾਈ ਹੇਠ ਜੰਤਰ ਮੰਤਰ ਦਿੱਲੀ ਵਿਖੇ ਹੋ ਰਹੇ ਸੰਘਰਸ਼ ਵਿਚ ਜਮਹੂਰੀ ਅਧਿਕਾਰ ਸਭਾ ਪੰਜਾਬ ਵਲੋਂ ਸੀਨੀਅਰ ਮੀਤ ਪ੍ਰਧਾਨ ਪ੍ਰੋਫੈਸਰ ਏ ਕੇ ਮਲੇਰੀ ਅਤੇ ਜਥੇਬੰਦਕ ਸਕੱਤਰ ਨਰਭਿੰਦਰ ਸਿੰਘ ਦੀ ਅਗਵਾਈ ਹੇਠ ਸਭਾ ਦੇ ਸਰਗਰਮ ਸਾਥੀ ਮੈਂਬਰਾਂ ਨਾਲ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਹੱਕ-ਸੱਚ ਦੀ ਲੜਾਈ ਵਿੱਚ ਇਕਮੁੱਠਤਾ ਪ੍ਰਗਟ ਕੀਤੀ। ਜਮਹੂਰੀ ਅਧਿਕਾਰ ਸਭਾ ਤਹਿ ਕੀਤੇ ਪ੍ਰੋਗਰਾਮ ਅਨੁਸਾਰ ਸੰਗਰੂਰ, ਬਰਨਾਲਾ, ਬਠਿੰਡਾ, ਪਟਿਆਲਾ, ਲੁਧਿਆਣਾ, ਤਰਨਤਾਰਨ ਤੋਂ ਸਭਾ ਦੇ ਮੈਂਬਰਾਂ ਵੱਲੋਂ ਬੰਗਲਾ ਸਾਹਿਬ ਦਿੱਲੀ ਗੁਰਦੁਆਰਾ ਸਾਹਿਬ ਇਕੱਠੇ ਹੋ ਕੇ ਜੰਤਰ ਮੰਤਰ ਤੱਕ ਇਕ ਰੋਸ ਮਾਰਚ ਕੱਢਿਆ।

 

ਇਸ ਮੌਕੇ ਮਹਿਲਾ ਪਹਿਲਵਾਨਾਂ ਵੱਲੋਂ ਕੁਸ਼ਤੀ ਐਸੋਸੀਏਸ਼ਨ ਦੇ ਮੁਖੀ ਵੱਲੋਂ ਔਰਤ ਪਹਿਲਵਾਨਾਂ ਦੇ ਕੀਤੇ ਸਰੀਰਕ ਸ਼ੋਸ਼ਣ ਨੂੰ ਨੰਗੇ ਕਰਨ ਅਤੇ ਦੋਸ਼ੀ ਨੂੰ ਸਜ਼ਾ ਦਿਵਾਉਣ ਲਈ ਵਿੱਢੇ ਸੰਘਰਸ਼ ਦੀ ਵਧਾਈ ਦਿੰਦਿਆਂ ਸਭਾ ਦੇ ਜਨਰਲ ਸਕੱਤਰ ਪ੍ਰਿਤਪਾਲ ਸਿੰਘ ਬਠਿੰਡਾ ਨੇ ਸੰਬੰਧਿਤ ਕਰਦਿਆਂ ਕਿਹਾ ਕਿ ਇਹ ਔਰਤ ਵਰਗ ਉਪਰ ਹੋ ਰਹੇ ਜਿਨਸੀ ਜਬਰ ਨੂੰ ਚੁੱਪ ਕਰਕੇ ਸਹਿਣ ਦੀ ਮਾਨਸਿਕਤਾ ਨੂੰ ਤੋੜ ਇਸ ਵਿਰੁੱਧ ਔਰਤ ਵਰਗ ਵੱਲੋਂ ਆਵਾਜ਼ ਬੁਲੰਦ ਕਰਨ ਦਾ ਪੇ੍ਰਣਾ ਸਰੋਤ ਬਣੇਗਾ। 

 

ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਭਾਵੇਂ ਔਰਤਾਂ ਦੀ ਸੁਰੱਖਿਆ ਦੇ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਮੰਨੂ ਸਿਮਰਤੀ ਦੇ ਆਦੇਸ਼ਾਂ ਅਨੁਸਾਰ ਔਰਤਾਂ ਨੂੰ ਪੈਰਾਂ ਦੀ ਜੁੱਤੀ ਤੋਂ ਵੱਧ ਕੁਝ ਨਹੀਂ ਸਮਝਿਆ ਜਾਂਦਾ। ਹਰ ਤਰ੍ਹਾਂ ਦੇ ਜ਼ਬਰ ਜ਼ੁਲਮ ਦਾ ਟਾਕਰਾ ਕਰਨ ਵਾਲੀਆਂ ਬਹਾਦੁਰ ਔਰਤਾਂ ਦਾ ਮਨੋਬਲ ਤੋੜਨ ਲਈ ਹਰ ਹਰਬਾ ਵਰਤਿਆ ਜਾ ਰਿਹਾ ਹੈ। ਇਕ ਪਾਸੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੀਆਂ ਮਹਿਲਾ ਪਹਿਲਵਾਨਾਂ ਨੇ ਰੈਸਲਿੰਗ ਐਸੋਸੀਏਸ਼ਨ ਦੇ ਪ੍ਰਧਾਨ ਬੀਜੇਪੀ ਦੇ ਮੈਂਬਰ ਪਾਰਲੀਮੈਂਟ ਬ੍ਰਿਜ ਭੂਸ਼ਣ ਸਿੰਘ ਖ਼ਿਲਾਫ਼ ਔਰਤ ਪਹਿਲਵਾਨਾਂ ਦਾ ਜਿਣਸੀ ਸ਼ੋਸ਼ਣ ਕਰਨ ਦੇ ਦੋਸ ਲਾਇਆ ਹੈ। ਪੋਕਸੋ ਤਹਿਤ ਪਰਚਾ ਦਰਜ਼ ਕਰਕੇ ਪ੍ਰਧਾਨ ਨੂੰ ਗਿਰਫ਼ਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਕੇਂਦਰ ਸਰਕਾਰ ਦੀ ਲੁਕਵੀਂ ਹਿਮਾਇਤ ਕਰਕੇ ਦੋਸ਼ੀ ਖਿਲਾਫ ਕੋਈ ਕਾਰਵਾਈ ਨਹੀਂ ਹੋ ਰਹੀ ਹੈ। ਦੂਜੇ ਪਾਸੇ ਔਰਤਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੀ ਡਾਕਟਰ ਨਵਸ਼ਰਨ ਸਿੰਘ ਵਰਗੀਆਂ ਨੂੰ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਈ ਡੀ ਦੀ ਜਾਂਚ ਪੜਤਾਲ ਰਾਹੀਂ ਝੂਠੇ ਕੇਸਾਂ ਵਿੱਚ ਨਾਮਜ਼ਦ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।  

 

ਆਗੂਆਂ ਨੇ ਕਿਹਾ ਕਿ ਜਮਹੂਰੀ ਅਧਿਕਾਰ ਸਭਾ ਪੰਜਾਬ ਔਰਤਾਂ ਦੇ ਮਾਣ ਸਨਮਾਨ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਯਤਨ ਕਰਦੀ ਰਹੇਗੀ। ਸਭਾ ਮੰਗ ਕਰਦੀ ਹੈ ਕਿ ਪਿਛਲੇ ਚਾਰ ਮਹੀਨਿਆਂ ਤੋਂ 7 ਲੜਕੀਆਂ ਨਾਲ ਹੋਏ ਜਿਨਸੀ ਸ਼ੋਸ਼ਣ ਦੇ ਸਬੰਧ ਵਿੱਚ ਕੀਤੀ ਸ਼ਿਕਾਇਤ ਤੇ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਬਿਰਜ ਭੂਸ਼ਨ ਸ਼ਰਣ ਸਿੰਘ ਗ੍ਰਿਫ਼ਤਾਰ ਕੀਤਾ ਜਾਵੇ।

 

Leave a Reply

Your email address will not be published. Required fields are marked *