ਨਵੀਂ ਦਿੱਲੀ – ਬਿਲਕਿਸ ਬਾਨੋ ਨੇ 2002 ਦੇ ਗੁਜਰਾਤ ਦੰਗਿਆਂ ਵਿੱਚ ਆਪਣੇ ਪਰਿਵਾਰ ਨਾਲ ਸਮੂਹਿਕ ਬਲਾਤਕਾਰ ਅਤੇ ਹੱਤਿਆ ਦੇ ਦੋਸ਼ੀ 11 ਲੋਕਾਂ ਨੂੰ ਬਰੀ ਕੀਤੇ ਜਾਣ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਹੈ। ਜਿਕਰਯੋਗ ਹੈ ਕਿ ਬਿਲਕਿਸ ਬਾਨੋ ਦੀ ਉਮਰ 21 ਸਾਲ ਸੀ ਜਦੋਂ 2002 ਦੇ ਦੰਗਿਆਂ ਦੌਰਾਨ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ ਗਿਆ ਸੀ। ਇੰਨਾ ਹੀ ਨਹੀਂ ਉਸ ਦੀ ਤਿੰਨ ਸਾਲ ਦੀ ਬੇਟੀ ਸਮੇਤ ਪਰਿਵਾਰ ਦੇ 9 ਮੈਂਬਰਾਂ ਦਾ ਵੀ ਕਤਲ ਕਰ ਦਿੱਤਾ ਗਿਆ ਸੀ।
ਬਿਲਕਿਸ ਬਾਨੋ ਨੇ ਦੋਸ਼ੀਆਂ ਦੀ ਰਿਹਾਈ ਵਿਰੁੱਧ ਦੋ ਪਟੀਸ਼ਨਾਂ ਦਾਇਰ ਕੀਤੀਆਂ ਹਨ। ਪਹਿਲੀ ਪਟੀਸ਼ਨ ਵਿੱਚ 11 ਦੋਸ਼ੀਆਂ ਦੀ ਰਿਹਾਈ ਨੂੰ ਚੁਣੌਤੀ ਦਿੱਤੀ ਗਈ ਹੈ ਅਤੇ ਉਨ੍ਹਾਂ ਸਾਰਿਆਂ ਨੂੰ ਤੁਰੰਤ ਜੇਲ੍ਹ ਭੇਜਣ ਦੀ ਮੰਗ ਕੀਤੀ ਗਈ ਹੈ। ਜਦਕਿ ਦੂਜੀ ਪਟੀਸ਼ਨ ਸੁਪਰੀਮ ਕੋਰਟ ਦੇ ਮਈ ਦੇ ਹੁਕਮਾਂ ‘ਤੇ ਨਜ਼ਰਸਾਨੀ ਪਟੀਸ਼ਨ ਹੈ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਸੁਪਰੀਮ ਕੋਰਟ ਨੂੰ ਉਸ ਫੈਸਲੇ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ, ਜਿਸ ‘ਚ ਕਿਹਾ ਗਿਆ ਸੀ ਕਿ ਦੋਸ਼ੀਆਂ ਦੀ ਰਿਹਾਈ ਦਾ ਫੈਸਲਾ ਗੁਜਰਾਤ ਸਰਕਾਰ ਕਰੇਗੀ।
ਬਿਲਕਿਸ ਬਾਨੋ ਵਲੋਂ ਸੁਪਰੀਮ ਕੋਰਟ ਵਿੱਚ ਮਾਮਲੇ ਦੀ ਜਲਦੀ ਸੁਣਵਾਈ ਦੀ ਮੰਗ ਵੀ ਕੀਤੀ ਗਈ ਹੈ। ਜਿਸਤੇ ਜੱਜ ਡੀਵਾਈ ਚੰਦਰਚੂੜ ਨੇ ਭਰੋਸਾ ਦੇਂਦਿਆਂ ਕਿਹਾ ਕਿ ਉਹ ਦੇਖਣਗੇ ਕਿ ਮਾਮਲੇ ਦੀ ਸੁਣਵਾਈ ਕਦੋਂ ਹੋ ਸਕਦੀ ਹੈ।
ਸੁਪਰੀਮ ਕੋਰਟ ਨੇ 18 ਅਕਤੂਬਰ ਨੂੰ ਕਿਹਾ ਸੀ ਕਿ ਸਜ਼ਾ ਮੁਆਫ਼ੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਗੁਜਰਾਤ ਸਰਕਾਰ ਦਾ ਜਵਾਬ ਬਹੁਤ ਜ਼ਿਆਦਾ ਸੀ। ਇਹ ਕਈ ਫੈਸਲਿਆਂ ਦਾ ਹਵਾਲਾ ਦਿੰਦਾ ਹੈ, ਪਰ ਤੱਥਾਂ ਦੇ ਬਿਆਨ ਨਹੀਂ ਹਨ। ਸੁਪਰੀਮ ਕੋਰਟ ਨੇ ਇਸ ਤੋਂ ਬਾਅਦ ਪਟੀਸ਼ਨਰਾਂ ਨੂੰ ਗੁਜਰਾਤ ਸਰਕਾਰ ਦੇ ਹਲਫ਼ਨਾਮੇ ‘ਤੇ ਆਪਣਾ ਜਵਾਬ ਦਾਇਰ ਕਰਨ ਲਈ ਸਮਾਂ ਦਿੰਦਿਆਂ ਮਾਮਲੇ ਦੀ ਅਗਲੀ ਸੁਣਵਾਈ 29 ਨਵੰਬਰ ਨੂੰ ਸੂਚੀਬੱਧ ਕਰ ਦਿੱਤੀ ਸੀ । ਇਸ ਤੇ ਗੁਜਰਾਤ ਸਰਕਾਰ ਦਾ ਕਹਿਣਾ ਹੈ ਕਿ ਉਸ ਨੇ ਆਪਣੀ ਮੁਆਫ਼ੀ ਨੀਤੀ ਦੇ ਤਹਿਤ 11 ਦੋਸ਼ੀਆਂ ਨੂੰ ਛੋਟ ਦਿੱਤੀ ਹੈ। ਇਹ ਦੋਸ਼ੀ ਇਸ ਸਾਲ 15 ਅਗਸਤ ਨੂੰ ਜੇਲ੍ਹ ਤੋਂ ਰਿਹਾਅ ਹੋਏ ਸਨ। ਦੋਸ਼ੀਆਂ ਨੂੰ ਗੋਧਰਾ ਸਬ-ਜੇਲ ਵਿਚ 15 ਸਾਲ ਤੋਂ ਵੱਧ ਦੀ ਸਜ਼ਾ ਕੱਟਣ ਤੋਂ ਬਾਅਦ ਰਿਹਾ ਕੀਤਾ ਗਿਆ ਸੀ।

 

Leave a Reply

Your email address will not be published. Required fields are marked *