Sat. Feb 24th, 2024


ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਸ਼੍ਰੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੇ ਮਾਮਲੇ ਵਿਚ ਸੱਦੀ ਮੀਟਿੰਗ ਵਿਚ ਦਿੱਲੀ ਗੁਰਦੁਆਰਾ ਕਮੇਟੀ ਨੂੰ ਕੋਈ ਸੱਦਾ ਨਹੀਂ ਭੇਜਿਆ ਸਗੋਂ ਦਿੱਲੀ ਦੀ ਸੰਗਤ ਵੱਲੋਂ ਠੁਕਰਾਏ ਲੋਕਾਂ ਨੂੰ ਕਮੇਟੀ ਵਿਚ ਸ਼ਾਮਲ ਕੀਤਾ ਹੈ। ਉਹਨਾਂ ਨਾਲ ਹੀ ਐਲਾਨ ਕੀਤਾ ਕਿ ਦਿੱਲੀ ਗੁਰਦੁਆਰਾ ਕਮੇਟੀ ਬੰਦੀ ਸਿੰਘਾਂ ਦੇ ਮਾਮਲੇ ਵਿਚ ਭਵਿੱਖ ਵਿਚ ਸ਼੍ਰੋਮਣੀ ਕਮੇਟੀ ਨਾਲ ਰਲ ਕੇ ਕੰਮ ਨਹੀਂ ਕਰੇਗੀ।
ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੇ ਮਾਮਲੇ ਵਿਚ ਜੋ ਮੀਟਿੰਗ ਸੱਦੀ ਸੀ, ਉਸ ਵਿਚ ਸ਼ਾਮਲ ਹੋਣ ਵਾਲਿਆਂ ਨੂੰ ਸੱਦਾ ਪੱਤਰ ਦੇਣ ਵੇਲੇ ਤਾਂ ਦਿੱਲੀ ਗੁਰਦੁਆਰਾ ਕਮੇਟੀ ਦਾ ਨਾਂ ਐਲਾਨਿਆ ਗਿਆ ਸੀ ਪਰ ਕਮੇਟੀ ਨੂੰ ਕੋਈ ਨਹੀਂ ਦਿੱਤਾ ਗਿਆ। ਉਹਨਾਂ ਕਿਹਾ ਕਿ ਦਿੱਲੀ ਦੀ ਸੰਗਤ ਵੱਲੋਂ ਠੁਕਰਾਏ ਸਰਦਾਰ ਪਰਮਜੀਤ ਸਿੰਘ ਸਰਨਾ ਤੇ ਉਹਨਾਂ ਦੇ ਨਵੇਂ ਬਣੇ ਸਾਥੀ ਸਰਦਾਰ ਮਨਜੀਤ ਸਿੰਘ ਜੀ.ਕੇ. ਨੂੰ ਸੱਦਾ ਦਿੱਤਾ ਗਿਆ ਤੇ ਉਹ ਮੀਟਿੰਗ ਵਿਚ ਸ਼ਾਮਲ ਵੀ ਹੋਏ। ਉਹਨਾਂ ਦੱਸਿਆ ਕਿ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਲਾਨ ਕੀਤਾ ਕਿ ਪਹਿਲਾਂ ਬਣਾਈ 11 ਮੈਂਬਰੀ ਕਮੇਟੀ ਵਿਚੋਂ ਤਿੰਨ ਵਿਅਕਤੀ (ਸਾਡੇ ਨਾਂ ਬੋਲ ਕੇ) ਬਾਹਰ ਹੋ ਗਏ ਹਨ ਤੇ ਹੁਣ ਸਿਰਫ 8 ਮੈਂਬਰੀ ਕਮੇਟੀ ਕੰਮ ਕਰੇਗੀ। ਉਹਨਾਂ ਕਿਹਾ ਕਿ ਸਾਨੂੰ ਖੁਸ਼ੀ ਹੈ ਕਿ ਧਾਮੀ ਸਾਹਿਬ ਨੇ ਸਾਨੂੰ ਸੁਰਖਰੂ ਕਰ ਦਿੱਤਾ ਹੈ।
ਸਾਨੂੰ ਹੁਣ ਉਹਨਾਂ ਨਾਲ ਰਲ ਕੇ ਕੰਮ ਨਹੀਂ ਕਰਨਾਂ ਪਵੇਗਾ ਜਿਹਨਾਂ ਦੀ ਸਰਕਾਰ ਸਮੇਂ ਸਰਦਾਰ ਪ੍ਰਕਾਸ਼ ਸਿੰਘ ਦੇ ਮੁੱਖ ਮੰਤਰੀ ਤੇ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਉਪ ਮੁੱਖ ਮੰਤਰੀ ਹੁੰਦਿਆਂ ਬੇਅਦਬੀਆਂ ਹੋਈਆਂ ਤੇ ਇਹਨਾਂ ਨੇ ਕਦੇ ਵੀ ਬੰਦੀ ਸਿੰਘਾਂ ਦਾ ਸਰਕਾਰਾਂ ਕੋਲ ਨਹੀਂ ਚੁੱਕਿਆ।
ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦਿੱਲੀ ਗੁਰਦੁਆਰਾ ਕਮੇਟੀ ਦੀ ਜ਼ਿੰਮੇਵਾਰੀ ਬੰਦੀ ਸਿੰਘਾਂ ਦੇ ਮਾਮਲੇ ’ਤੇ ਜਿਸ ਦਿਨ ਲਗਾਈ ਸੀ, ਅਸੀਂ ਉਸੇ ਦਿਨ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਤੇ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਜੀ ਨੂੰ ਮਿਲਣ ਲਈ ਸਮਾਂ ਦੇਣ ਵਾਸਤੇ ਚਿੱਠੀਆਂ ਲਿਖ ਦਿੱਤੀਆਂ ਸਨ ਤੇ ਸਿੰਘ ਸਾਹਿਬ ਨੂੰ ਵੀ ਜਾਣੂ ਕਰਵਾ ਦਿੱਤਾ ਸੀ ਕਿ ਚਾਰ ਰਾਜਾਂ ਦੀਆਂ ਚੋਣਾਂ ਤੋਂ ਬਾਅਦ ਇਹਨਾਂ ਨਾਲ ਮੁਲਾਕਾਤ ਹੋਵੇਗੀ।
ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਕੌਮ ਨੂੰ ਸਮਰਪਿਤ ਹੈ ਤੇ ਆਪਣੇ ਪੱਧਰ ’ਤੇ ਬੰਦੀ ਸਿੰਘਾਂ ਦੇ ਮਸਲੇ ਦੇ ਹੱਲ ਵਾਸਤੇ ਕੰਮ ਕਰਦੀ ਰਹੇਗੀ। ਉਹਨਾਂ ਕਿਹਾ ਕਿ ਅਸੀਂ ਹੁਣ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਨਾਲ ਰਲ ਕੇ ਕਦੇ ਵੀ ਕੰਮ ਨਹੀਂ ਕਰਾਂਗੇ ਪਰ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਸਿੱਖ ਕੌਮ ਵਾਸਤੇ ਹਮੇਸ਼ਾ ਡਟੇ ਰਹਾਂਗੇ।

 

Leave a Reply

Your email address will not be published. Required fields are marked *