ਨਵੀਂ ਦਿੱਲੀ – ਸੰਯੁਕਤ ਕਿਸਾਨ ਮੋਰਚੇ ਵੱਲੋਂ ਸੰਸਦ ਦੇ ਮਾਨਸੂਨ ਸ਼ੈਸ਼ਨ ਦੌਰਾਨ ਵਿਰੋਧ-ਪ੍ਰਦਰਸ਼ਨ ਲਈ ਵਿਉਂਤਬੰਦੀ ਨਾਲ ਤਿਆਰੀਆਂ ਵਿੱਢ ਦਿੱਤੀਆਂ ਹਨ। ਸੰਯੁਕਤ ਕਿਸਾਨ ਮੋਰਚਾ 17 ਜੁਲਾਈ ਤੱਕ ਵਿਰੋਧੀ ਪਾਰਟੀਆਂ ਨੂੰ ਕਿਸਾਨਾਂ ਦੇ ਹੱਕਾਂ ਲਈ ਸੰਸਦ ‘ਚ ਆਵਾਜ਼ ਉਠਾਉਣ ਲਈ ਚਿਤਾਵਨੀ ਪੱਤਰ ਭੇਜੇਗਾ। 22 ਜੁਲਾਈ ਤੋਂ ਸੰਸਦ ਦੇ ਮਾਨਸੂਨ ਸ਼ੈਸ਼ਨ ਦੌਰਾਨ ਹਰ ਰੋਜ਼ ਸੈਸ਼ਨ ਦੀ ਸਮਾਪਤੀ ਤੱਕ ਹਰੇਕ ਕਿਸਾਨ-ਜਥੇਬੰਦੀ ਵੱਲੋਂ ਪੰਜ ਮੈਂਬਰ ਅਤੇ ਕੁੱਲ ਘੱਟੋ-ਘੱਟ 200 ਕਿਸਾਨ ਸੰਸਦ ਦੇ ਬਾਹਰ ਪ੍ਰਦਰਸ਼ਨ ਕਰਨਗੇ।
ਕਿਸਾਨ-ਆਗੂਆਂ ਨੇ ਕਿਹਾ ਕਿ ਪੰਜਾਬ ਤੋਂ ਦਿੱੱਲੀ ਲਈ ਕਿਸਾਨਾਂ ਅਤੇ ਔਰਤਾਂ ਦੇ ਕਾਫ਼ਲਿਆਂ ਦਾ ਜਾਣਾ ਜਾਰੀ ਹੈ।
ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਲੁਧਿਆਣਾ, ਸੰਗਰੂਰ, ਮਾਨਸਾ, ਬਠਿੰਡਾ, ਬਰਨਾਲਾ, ਰੋਪੜ, ਫਾਜ਼ਿਲਕਾ ਅਤੇ ਫਰੀਦਕੋਟ ਸਮੇਤ ਵੱਖ-ਵੱਖ ਜਿਲ੍ਹਿਆਂ ਤੋਂ ਦਰਜ਼ਨਾਂ ਕਾਫਲੇ ਸਿੰਘੂ ਅਤੇ ਟੀਕਰੀ-ਬਾਰਡਰ ਲਈ ਰਵਾਨਾ ਹੋਏ ਹਨ।
ਪੰਜਾਬ ਭਰ ‘ਚ ਭਾਜਪਾ ਆਗੂਆਂ ਖ਼ਿਲਾਫ਼ ਵਿਰੋਧ-ਪ੍ਰਦਰਸ਼ਨ ਲਗਾਤਾਰ ਜਾਰੀ ਹਨ।
ਅੱਜ ਬੀਜੇਪੀ ਨੇਤਾ ਹਰਜੀਤ ਗਰੇਵਾਲ ਦੇ ਖਿਲਾਫ ਧਨੌਲਾ ਵਿਖੇ ਲਾਇਆ ਗਿਆ।ਧਨੌਲਾ ਦੀ ਦਾਣਾ ਮੰਡੀ ਵਿੱਚ ਇਕੱਠੇ ਹੋਣ ਬਾਅਦ ਧਰਨਾਕਾਰੀ ਆਪਣੇ ਆਪਣੇ ਵਾਹਨਾਂ ‘ਤੇ ਧਨੌਲਾ ਬਾਜਾਰ ਦੇ ਮੁਹਾਨੇ ਤੱਕ ਪਹੁੰਚੇ। ਮੁਜ਼ਾਹਰਾਕਾਰੀ ਖੇਤੀ ਕਾਨੂੰਨ ਰੱਦ ਕਰਵਾਉਣ ਅਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਕਾਨੂੰਨ ਬਣਾਉਣ ਲਈ ਨਾਹਰੇਬਾਜ਼ੀ ਕਰ ਰਹੇ ਸਨ। ਹਜਾਰਾਂ ਦੀ ਗਿਣਤੀ ਵਿੱਚ ਪੁੱਜੇ ਮੁਜ਼ਾਹਰਾਕਾਰੀਆਂ ਨੇ ਵਾਹਨਾਂ ਤੋਂ ਉਤਰ ਕੇ ਸ਼ਹਿਰ ਵਿੱਚ ਜੋਸ਼ ਭਰਪੂਰ ਨਾਹਰੇ ਲਾਉਂਦੇ ਹੋਏ ਇਤਿਹਾਸਕ ਮੁਜ਼ਾਹਰਾ ਕੀਤਾ। ਰੋਹ ਭਰਪੂਰ ਮੁਜ਼ਾਹਰੇ ਤੋਂ ਬਾਅਦ ਰੈਲੀ ਕਰਕੇ ਬੁਲਾਰਿਆਂ ਹਰਜੀਤ ਗਰੇਵਾਲ ਨੂੰ ਸਖਤ ਲਹਿਜੇ ਵਿੱਚ ਆਪਣੀਆਂ ਹਰਕਤਾਂ ਤੋਂ ਬਾਜ ਆਉਣ ਦੀ ਦਿੱਤੀ ਚਿਤਾਵਨੀ। ਜੇਕਰ ਅਮਨ ਸ਼ਾਂਤੀ ਨਾਲ ਚੱਲ ਰਹੇ ਮਹੌਲ ਵਿੱਚ ਕੋਈ ਵਿਘਨ ਪੈਦਾ ਹੁੰਦਾ ਹੈ ਤਾਂ ਇਸ ਦੀ ਜਿੰਮੇਵਾਰ ਸਿੱਧੇ ਰੂਪ ਵਿੱਚ ਭਾਜਪਾ ਦੀ ਹੋਵੇਗੀ। ਸੰਯੁਕਤ ਕਿਸਾਨ ਮੋਰਚਾ ਵੱਲੋਂ ਜਥੇਬੰਦਕ ਏਕੇ ਨਾਲ ਮੋਦੀ ਹਕੂਮਤ ਦੀ ਹਰ ਸਾਜਿਸ਼ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਚੱਲ ਰਿਹਾ ਸੰਘਰਸ਼ ਤਿੰਨ ਖੇਤੀ ਵਿਰੋਧੀ ਕਾਨੂੰਨ ਰੱਦ ਅਤੇ ਐਮਐਸਪੀ ਦੀ ਗਰੰਟੀ ਵਾਲਾ ਨਵਾਂ ਕਾਨੂੰਨ ਬਣਵਾਕੇ ਹੀ ਵਾਪਸ ਮੁੜੇਗਾ।
ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ 108 ਥਾਵਾਂ- ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ ‘ਚ ਕਿਸਾਨਾਂ ਨੇ ਵੱਡੀ ਗਿਣਤੀ ‘ਚ ਸ਼ਮੂਲੀਅਤ ਕੀਤੀ।
ਸਿੰਘੂ ਬਾਰਡਰ ‘ਤੇ ਸ਼ਹੀਦ ਹੋਏ 45 ਸਾਲਾ ਸੋਹਣ ਸਿੰਘ ਦਾ ਹਾਲੇ ਸੰਸਕਾਰ ਨਹੀਂ ਕੀਤਾ ਗਿਆ ਹੈ। ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ।
ਸਿਰਸਾ ‘ਚ ਵਿਰੋਧ ਪ੍ਰਦਰਸ਼ਨ ਦੌਰਾਨ ਹਿਰਾਸਤ ‘ਚ ਲਏ ਕਿਸਾਨਾਂ ਨੂੰ ਅੱਜ ਰਿਹਾਅ ਕਰ ਦਿੱਤਾ ਗਿਆ। ਕਿਸਾਨਾਂ ਦਾ ਸ਼ਾਂਤਮਈ ਸੰਘਰਸ਼ ਕਾਮਯਾਬ ਹੋਇਆ ਹੈ।
ਕਿਸਾਨਾਂ ਨੇ ਕਿਹਾ ਕਿ ਉਹ ਗ੍ਰਿਫਤਾਰ ਹੋਣ ਤੋਂ ਨਹੀਂ ਡਰਦੇ, ਸੰਘਰਸ਼ ਜਾਰੀ ਰਹੇਗਾ।