ਨਵੀਂ ਦਿੱਲੀ- ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦੇ ਪ੍ਰਧਾਨ ਅਤੇ ਦਿੱਲੀ ਕਮੇਟੀ ਦੇ ਸੀਨੀਅਰ ਮੈਂਬਰ ਸਰਦਾਰ ਹਰਮਨਜੀਤ ਸਿੰਘ ਨੇ ਮੋਦੀ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਸਰਕਾਰ ਉਨ੍ਹਾਂ ਸਿੱਖ ਕੈਦੀਆਂ ਦੀ ਰਿਹਾਈ ਦਾ ਪ੍ਰਬੰਧ ਕਰੇ, ਜਿਨ੍ਹਾਂ ਨੂੰ ਸਜ਼ਾਵਾਂ ਪੂਰੀਆਂ ਹੋਣ ਮਗਰੋਂ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ । ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਮੋਦੀ ਸਰਕਾਰ ਤੋਂ ਵੱਡੀ ਉਮੀਦ ਹੈ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਸਿੱਖਾਂ ਦੇ ਕਈ ਸਾਲਾਂ ਤੋਂ ਲਟਕਦੇ ਆ ਰਹੇ ਮਸਲਿਆਂ ਦੇ ਹੱਲ ਲਈ ਕੰਮ ਕੀਤਾ ਹੈ , ਇਸ ਮੰਗ ਨੂੰ ਵੀ ਜਲਦ ਪ੍ਰਵਾਨ ਕੀਤਾ ਜਾਵੇਗਾ।
ਸ: ਹਰਮਨਜੀਤ ਸਿੰਘ ਨੇ ਕਿਹਾ ਕਿ ਜਦੋਂ ਤੋਂ ਦੇਸ਼ ਵਿਚ ਮੋਦੀ ਸਰਕਾਰ ਕੇਂਦਰ ਵਿਚ ਆਈ ਹੈ, ਸਿੱਖ ਕੌਮ ਦੇ ਰਹਿੰਦੇ ਮਸਲਿਆਂ ’ਤੇ ਡਟ ਕੇ ਪਹਿਰਾ ਦਿੱਤਾ ਗਿਆ ਹੈ। ਕਰਤਾਰਪੁਰ ਸਾਹਿਬ ਲਾਂਘੇ ਨੂੰ ਪ੍ਰਵਾਨਗੀ ਦਿੱਤੀ, ਸਿੱਖਾਂ ਦੀ ਕਾਲੀ ਸੂਚੀ ਸਮਾਪਤ ਕੀਤੀ, 1984 ਕਤਲੇਆਮ ਦੇ ਪੀੜਤਾਂ ਨੂੰ ਸਲਾਖਾਂ ਪਿੱਛੇ ਭੇਜਣ ਵਰਗੇ ਕਈ ਕੰਮ ਕੀਤੇ ਹਨ। ਇਸ ਲਈ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਸਮੁੱਚੀ ਸਰਕਾਰ ਦਾ ਧੰਨਵਾਦ ਕਰਦੇ ਹੋਏ ਇਹ ਅਪੀਲ ਕਰਦੇ ਹਨ ਕਿ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਇਸ ਮੁੱਦੇ ਨੂੰ ਸੰਜੀਦਗੀ ਨਾਲ ਲੈਂਦਿਆਂ ਗ੍ਰਹਿ ਮੰਤਰੀ ਸਬੰਧਤ ਸੂਬਾ ਸਰਕਾਰਾਂ ਉੱਤੇ ਦਬਾਅ ਪਾ ਕੇ ਬੰਦੀ ਸਿੱਖਾਂ ਦੀ ਰਿਹਾਈ ਨੂੰ ਯਕੀਨੀ ਬਣਾਉਣ।