ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯੂ.ਪੀ. ਦੇ ਪਿੰਡ ਸਾਦੁਲਾਪੁਰ ਬਾਂਗਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਯੂ.ਪੀ. ਦੇ ਜ਼ਿਲ੍ਹਾ ਮੇਰਠ ’ਚ ਇਹ ਇਕਲੌਤਾ ਪਿੰਡ ਹੈ ਜਿਥੇ ਗੁਜਰ ਸਿੱਖ ਵੱਸਦੇ ਹਨ। ਇਥੇ ਕਰੀਬ 200 ਸਾਲਾਂ ਤੋਂ ਸਿੱਖ ਰਹਿੰਦੇ ਆ ਰਹੇ ਹਨ ਜਿਨ੍ਹਾਂ ਨੇ ਸਿੱਖੀ ਸਰੂਪ ਨੂੰ ਪੂਰਨ ਤੌਰ ’ਤੇ ਸੰਭਾਲ ਕੇ ਰੱਖਿਆ ਹੋਇਆ ਹੈ। ਇਸ ਪਿੰਡ ਵਿਚ ਸ਼੍ਰੋਮਣੀ ਕਮੇਟੀ ਦੇ ਸਿੱਖ ਮਿਸ਼ਨ ਹਾਪੜ ਵੱਲੋਂ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ 40 ਤੋਂ ਵੱਧ ਬੱਚਿਆਂ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਸਤਾਰਾਂ ਸਜਾਈਆਂ ਗਈਆਂ ਅਤੇ ਸਿੱਖੀ ਸਰੂਪ ਸੰਭਾਲਣ ਲਈ ਉਨ੍ਹਾਂ ਨਗਰ ਵਾਸੀਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਕਿ ਸਿੱਖੀ ਦਾ ਮਹਾਨ ਵਿਰਸਾ ਅਤੇ ਸਾਬਤ ਸੂਰਤ ਦਿੱਖ ਹੀ ਕੌਮ ਦੀ ਨਿਰਾਲੀ ਪਛਾਣ ਹੈ ਅਤੇ ਤਸੱਲੀ ਵਾਲੀ ਗੱਲ ਹੈ ਕਿ ਉੱਤਰ ਪ੍ਰਦੇਸ਼ ਦੇ ਮੇਰਠ ਜ਼ਿਲ੍ਹੇ ਵਿਚ ਪੈਂਦੇ ਪਿੰਡ ਸਾਦੁਲਾਪੁਰ ਨੇ ਬੱਚਿਆਂ ਨੂੰ ਆਪਣੇ ਵਿਰਸੇ ਨਾਲ ਜੋੜ ਕੇ ਰੱਖਿਆ ਹੈ। ਉਨ੍ਹਾਂ ਆਖਿਆ ਕਿ ਅੱਜ ਸਿੱਖ ਪੂਰੀ ਦੁਨੀਆਂ ਅੰਦਰ ਵਸੇ ਹੋਏ ਹਨ ਅਤੇ ਵਕਾਰੀ ਅਹੁਦਿਆਂ ’ਤੇ ਵੀ ਬੇਠੇ ਹਨ। ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਮਿਸ਼ਨ ਹਾਪੜ ਵੱਲੋਂ ਸੂਬੇ ਅੰਦਰ ਨਿਭਾਈਆਂ ਜਾ ਰਹੀਆਂ ਧਰਮ ਪ੍ਰਚਾਰ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਅਜਿਹੇ ਸਮਾਗਮਾਂ ਦੀ ਲੜੀ ਜਾਰੀ ਰੱਖਣ ਲਈ ਕਿਹਾ। ਸਮਾਗਮ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਬਾਬਾ ਸੁਰਿੰਦਰ ਸਿੰਘ ਕਾਰਸੇਵਾ ਦਿੱਲੀ ਵਾਲੇ, ਸ. ਮਨਜੀਤ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਮੇਰਠ, ਬੀਬੀ ਕਮਲੇਸ਼ ਕੌਰ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਸ਼ਾਹਜਹਾਨਪੁਰ, ਸ. ਰਣਜੀਤ ਸਿੰਘ ਨਿੱਜੀ ਸਹਾਇਕ, ਸ. ਸੁਰਿੰਦਰਪਾਲ ਸਿੰਘ ਇੰਚਾਰਜ ਸਿੱਖ ਮਿਸ਼ਨ ਦਿੱਲੀ, ਸ. ਬਰਿਜਪਾਲ ਸਿੰਘ ਇੰਚਾਰਜ ਸਿੱਖ ਮਿਸ਼ਨ ਹਾਪੜ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।