ਨਵੀਂ ਦਿੱਲੀ -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ ਦੀ 39ਵੀਂ ਵਰ੍ਹੇਗੰਢ ਮਨਾਈ ਗਈ ਜਿਸ ਵਿਚ ਲੋਕ ਸਭਾ ਸਪੀਕਰ ਓਮ ਬਿਰਲਾ, ਸਾਬਕਾ ਸਿਹਤ ਮੰਤਰੀ ਡਾ: ਹਰਸ਼ਵਰਧਨ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸ. ਸਿਰਸਾ, ਦਿੱਲੀ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਵਿਸ਼ੇਸ਼ ਤੌਰ ’ਤੇ ਹਾਜਰੀ ਭਰੀ। ਕਾਲਜ ਦੇ ਚੇਅਰਮੈਨ ਐਮ.ਪੀ.ਐਸ ਚੱਢਾ ਅਤੇ ਪ੍ਰਿੰਸੀਪਲ ਜੇਬੀ ਸਿੰਘ ਨੇ ਆਏ ਹੋਏ ਮੁੱਖ ਮਹਿਮਾਨਾਂ ਨੂੰ ਜੀ ਆਇਆ ਕਰਦਿਆਂ ਸੁਆਗਤ ਕੀਤਾ।
ਇਸ ਮੌਕੇ ਆਪਣੇ ਸੰਬੋਧਨ ਵਿਚ ਸ: ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਮੈਂ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦਾ ਹਾਂ ਕਿ ਮੈਨੂੰ ਅੱਜ ਇਸ ਕਾਲਜ ਵਿਚ ਬਤੌਰ ਮਹਿਮਾਨ ਵਜੋਂ ਸ਼ਾਮਲ ਹੋਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕਾਲਜ ਦੀ ਸਥਾਪਨਾ ਉਨ੍ਹਾਂ ਦੇ ਦਾਦਾ ਜਸਵੰਤ ਸਿੰਘ ਕਾਲਕਾ ਨੇ ਉਸ ਸਮੇਂ ਕੀਤੀ ਸੀ ਜਦੋਂ ਉਹ ਦਿੱਲੀ ਕਮੇਟੀ ਦੇ ਪ੍ਰਧਾਨ ਸਨ। ਉਸ ਸਮੇਂ ਟੇਂਟਾਂ ਅੰਦਰ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਸਨ ਪਰ ਜਲਦੀ ਹੀ ਕਾਲਜ ਨੇ ਅਜਿਹਾ ਮਾਣ ਹਾਸਲ ਕੀਤਾ ਹੈ ਜਿਸ ਦੇ ਚਲਦੇ ਦੇਸ਼ ਭਰ ਤੋਂ ਬੱਚਿਆਂ ਵਿਚ ਦਾਖਲੇ ਦੀ ਮੰਗ ਬਣੀ ਰਹਿੰਦੀ ਹੈ।
ਸ: ਜਗਦੀਪ ਸਿੰਘ ਕਾਹਲੋ ਨੇ ਕਿਹਾ ਕਿ ਸਾਨੂੰ ਇਸ ਗੱਲ ਦੀ ਵੀ ਖੁਸ਼ੀ ਹੈ ਕਿ ਇਸ ਕਾਲਜ ਦੇ ਵਿਦਿਆਰਥੀਆਂ ਨੇ ਹਰ ਖੇਤਰ ਵਿਚ ਨਾਮਣਾ ਖੱਟਿਆ ਹੈ। ਅੱਜ ਵੀ ਇੱਥੇ 400 ਤੋਂ ਵੱਧ ਬੱਚਿਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਵੱਲੋਂ ਕਾਲਜ ਨੂੰ ਹਰ ਲੋੜੀਂਦੀ ਮਦਦ ਦਿੱਤੀ ਜਾਂਦੀ ਹੈ ਅਤੇ ਭਵਿੱਖ ਵਿੱਚ ਵੀ ਬੱਚਿਆਂ ਦੀ ਭਲਾਈ ਲਈ ਕਾਲਜ ਅਤੇ ਪ੍ਰਿੰਸੀਪਲ ਵੱਲੋਂ ਮੰਗਾਂ ਕੀਤੀਆਂ ਜਾਣਗੀਆਂ ਦਿੱਲੀ ਕਮੇਟੀ ਉਸ ਨੂੰ ਪੂਰਾ ਕਰਨ ਲਈ ਹਰ ਸੰਭਵ ਕਦਮ ਚੁੱਕੇਗੀ।