Sat. Mar 2nd, 2024


ਨਾਂਦੇੜ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਮਹਾਰਾਸ਼ਟਰ ਸਰਕਾਰ ਨੂੰ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਮੈਨੇਜਮੈਂਟ ਬੋਰਡ ਦੇ ਪੁਨਰਗਠਨ ਲਈ ਲਿਆ ਫੈਸਲਾ ਵਾਪਸ ਲੈਣ ਲਈ ਮਜਬੂਰ ਕਰਨ ਵਾਸਤੇ ਸਿੱਖ ਸੰਗਤਾਂ ਵੱਲੋਂ ਇਥੇ ਕੱਢੇ ਵਿਸ਼ਾਲ ਰੋਸ ਮਾਰਚ ਵਿਚ ਸ਼ਾਮਲ ਹੋਏ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਜਿਹਨਾਂ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਮਹਿਤਾ ਅਤੇ ਅਜਮੇਰ ਸਿੰਘ ਖੇੜਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵੀ ਸਨ, ਨੇ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ 1956 ਵਿਚ ਸੋਧ ਤੋਂ ਉਪਜੇ ਮਸਲੇ ਬਾਰੇ ਵਿਸਥਾਰ ਵਿਚ ਵਿਚਾਰ ਚਰਚਾ ਕੀਤੀ। ਐਡਵੋਕੇਟ ਧਾਮੀ ਨੇ ਤਖਤ ਦੇ ਜਥੇਦਾਰ ਨੂੰ ਇਸ ਸਿੱਖ ਵਿਰੋਧੀ ਫੈਸਲੇ ਨੂੰ ਵਾਪਸ ਕਰਵਾਉਣ ਵਿਚ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਡਟਵੀਂ ਹਮਾਇਤ ਦਾ ਭਰੋਸਾ ਦੁਆਇਆ।

ਤਖਤ ਮੈਨੇਜਮੈਂਟ ਐਕਟ ਵਿਚ ਸੋਧਾਂ ਜਿਸ ਰਾਹੀਂ ਸਰਕਾਰੀ ਨਾਮਜ਼ਦਗੀਆਂ ਦੋ ਤੋਂ ਵਧਾ ਕੇ 12 ਕਰ ਦਿੱਤੀਆਂ ਗਈਆਂ ਬਾਰੇ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਫੈਸਲਾ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਖਿਆਲ ਕੀਤੇ ਬਗੈਰ ਲਿਆ ਗਿਆ ਹੈ ਜਿਸਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਹਨਾਂ ਨੇ ਫੈਸਲੇ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਸਿੱਧਾ ਦਖਲ ਕਰਾਰ ਦਿੱਤਾ।
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਇਸ ਧੱਕੇ ਨਾਲ ਲਏ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਮੁੱਖ ਮੰਤਰੀ ਇਹ ਚੰਗੀ ਤਰ੍ਹਾਂ ਸਮਝਦੇ ਹਨ ਕਿ ਸਿੱਖ ਕੌਮ ਆਪਣੇ ਗੁਰਧਾਮਾਂ ਦੀ ਸੰਭਾਲ ਕਰਨ ਤੇ ਇਥੇ ਪਵਿੱਤਰਤਾ ਕਾਇਮ ਰੱਖਣ ਦੇ ਪੂਰੀ ਤਰ੍ਹਾਂ ਸਮਰਥ ਹੈ ਤੇ ਇਸਨੂੰ ਅਜਿਹਾ ਕਰਦੇ ਰਹਿਣ ਦਿੱਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਮੈਨੇਜਮੈਂਟ ਐਕਟ 1956 ਰਾਹੀਂ ਖਿੱਤੇ ਵਿਚ ਸਿੱਖ ਗੁਰਧਾਮਾਂ ਦੀ ਸੰਭਾਲ, ਮੁਰੰਮਤ ਤੇ ਕੰਮ ਕਰਦੇ ਰਹਿਣ ਬਾਰੇ ਲੋੜੀਂਦੇ ਨਿਯਮ ਬਣਾਏ ਗਏ ਹਨ ਅਤੇ ਇਸਦੇ ਪੁਨਰਗਠਨ ਨਾਲ ਸੰਗਤਾਂ ਵਿਚ ਸੋਧ ਕਰੇਗਾ ਤੇ ਸਿੱਖ ਕੌਮ ਵਿਚ ਬੇਭਰੋਸਗੀ ਦੀ ਭਾਵਨਾ ਪੈਦਾ ਹੋਵੇਗੀ।

ਇਸ ਦੌਰਾਨ ਮਹਾਰਾਸ਼ਟਰ ਸਰਕਾਰ ਵੱਲੋਂ ਗੁਰਦੁਆਰਾ ਮੈਨੇਜਮੈਂਟ ਬੋਰਡ ਦੇ ਪੁਨਰਗਠਨ ਦੇ ਫੈਸਲੇ ਖਿਲਾਫ ਨਾਂਦੇੜ ਵਿਚ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ ਜਿਸ ਵਿਚ ਗੁਆਂਢੀ ਖੇਤਰਾਂ ਤੋਂ ਇਲਾਵਾ ਮਹਾਰਾਸ਼ਟਰ ਦੇ ਵੱਖ-ਵੱਖ ਇਲਾਕਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸਿੱਖ ਸੰਗਤਾਂ ਸ਼ਾਮਲ ਹੋਈਆਂ ਤੇ ਮਹਾਰਾਸ਼ਟਰ ਸਰਕਾਰ ਦੇ ਫੈਸਲੇ ਦੀ ਨਿਖੇਧੀ ਕੀਤੀ ਤੇ ਮੰਗ ਕੀਤੀ ਕਿ ਪੁਰਾਣਾ ਐਕਟ ਜਿਸ ਰਾਹੀਂ ਸ਼੍ਰੋਮਣੀ ਕਮੇਟੀ, ਸੱਚਖੰਡ ਹਜ਼ੂਰ ਖਾਲਸਾ ਦੀਵਾਨ, ਚੀਫ ਖਾਲਸਾ ਦੀਵਾਨ ਤੇ ਸਿੱਖ ਮੈਂਬਰ ਪਾਰਲੀਮੈਂਟ ਨੂੰ ਢੁਕਵੀਂ ਪ੍ਰਤੀਨਿਧਤਾ ਦਿੱਤੀ ਗਈ ਸੀ, ਉਸਨੂੰ ਬਹਾਲ ਕੀਤਾ ਜਾਵੇ।
ਇਸ ਦੌਰਾਨ ਮਾਮਲੇ ਦੀ ਗੰਭੀਰਤਾ ਵੇਖਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੀ ਨਾਂਦੇੜ ਸਾਹਿਬ ਪਹੁੰਚ ਗਏ।

 

Leave a Reply

Your email address will not be published. Required fields are marked *