Thu. Dec 7th, 2023


 

 

 

 

ਨਵੀਂ ਦਿੱਲੀ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਟਿਕਰੀ ਬਾਰਡਰ ਦੀ ਸਟੇਜ ਤੋਂ ਸੰਬੋਧਨ ਕਰਦਿਆਂ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਪ੍ਰਧਾਨ ਮੰਤਰੀ ਦੇ ਬਿਆਨ ਤੋਂ ਬਾਅਦ ਤਿੰਨੇ ਖੇਤੀ ਸੰਬੰਧੀ ਕਾਲੇ ਕਾਨੂੰਨ ਰੱਦ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਪਰ ਬਾਕੀ ਰਹਿੰਦੀਆਂ ਮੰਗਾਂ ਜਿਸ ਵਿਚ ਐੱਮਐੱਸਪੀ ਤੇ ਕਮੇਟੀ ਬਣਾਉਣ ਦੀ ਗੱਲ ਕੀਤੀ ਜਾ ਰਹੀ ਹੈ ਉਸ ਸਬੰਧੀ ਪਹਿਲਾਂ ਸਭ ਤੋਂ ਵੱਡੀਆਂ ਦਿੱਕਤਾਂ ਦੂਰ ਕਰਨ ਦੀ ਜ਼ਰੂਰਤ ਹੈ। 

 

ਸ਼੍ਰੀ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਵਿਸ਼ਵ ਵਪਾਰ ਸੰਸਥਾ ਵਿੱਚ ਸ਼ਾਮਲ ਸਾਮਰਾਜੀ ਦੇਸ਼ਾਂ ਵੱਲੋਂ ਵਿਕਾਸਸ਼ੀਲ ਅਤੇ ਪਛੜੇ ਮੁਲਕਾਂ ਤੇ ਸ਼ਰਤਾਂ ਮੜੀਆਂ ਜਾਂਦੀਆਂ ਹਨ ਅਤੇ ਜ਼ਬਰੀ ਮੰਨਣ ਲਈ ਮਜਬੂਰ ਕੀਤਾ ਜਾਂਦਾ ਹੈ, ਜਿਸ ਦਾ ਭਾਰਤ ਵੀ ਮੈਂਬਰ ਹੈ। ਉਨ੍ਹਾਂ ਮੰਗ ਕੀਤੀ ਕਿ ਭਾਰਤ ਵਿਸ਼ਵ ਵਪਾਰ ਸੰਸਥਾ ਵਿੱਚੋਂ ਬਾਹਰ ਆਵੇ। ਉਨ੍ਹਾਂ ਕਿਹਾ ਕਿ ਹੁਣ ਵਿਸ਼ਵ ਵਪਾਰ ਸੰਸਥਾ ਦੀ ਹੋਣ ਵਾਲੀ ਮੀਟਿੰਗ ਵਿੱਚ ਸਾਮਰਾਜੀ ਦੇਸ਼ਾਂ ਵੱਲੋਂ ਐੱਮਐੱਸਪੀ ਖ਼ਤਮ ਕਰਨ ਦੀਆਂ ਵਿਉਂਤਾਂ ਕੀਤੀਆਂ ਜਾ ਰਹੀਆਂ ਹਨ। 

 

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ 2014 ਵਿੱਚ ਨਰਿੰਦਰ ਮੋਦੀ ਵੱਲੋਂ ਕੇਂਦਰ ਦੀ ਗੱਦੀ ਤੇ ਬੈਠਦਿਆਂ ਹੀ ਵਿਸ਼ਵ ਵਪਾਰ ਸੰਸਥਾ ਦੀਆਂ ਨੀਤੀਆਂ ਤਹਿਤ ਸ਼ਾਂਤਾ ਕੁਮਾਰ ਦੀ ਅਗਵਾਈ ਹੇਠ ਕਮੇਟੀ ਬਣਾਈ ਗਈ ਹੈ ਜਿਸ ਵੱਲੋਂ ਐੱਮਐੱਸਪੀ, ਜਨਤਕ ਵੰਡ ਪ੍ਰਣਾਲੀ ਨੂੰ ਖਤਮ ਕਰਨ, ਖੇਤੀ ਨੂੰ ਮਿਲਦੀਆਂ ਸਬਸਿਡੀਆਂ ਬੰਦ ਕਰਨ ਅਤੇ ਖੇਤੀ ਲਈ ਬਜਟ ਘੱਟ ਕਰਨ ਦੀਆਂ ਸਿਫ਼ਾਰਸ਼ਾਂ ਕੀਤੀਆਂ ਗਈਆਂ ਹਨ। ਇਨ੍ਹਾਂ ਸਿਫ਼ਾਰਸ਼ਾਂ ਨੂੰ ਲਾਗੂ ਕਰਦਿਆਂ ਹੀ ਭਾਜਪਾ ਵੱਲੋਂ ਤਿੰਨ ਨਵੇਂ ਖੇਤੀ ਕਾਨੂੰਨ ਲਿਆਂਦੇ ਗਏ ਸਨ। 

 

ਉਨ੍ਹਾਂ ਮੰਗ ਕੀਤੀ ਕਿ ਭਾਰਤ ਵਿਚ ਐੱਮਐੱਸਪੀ ਜਾਰੀ ਰੱਖਣ ਲਈ ਸ਼ਾਂਤਾ ਕੁਮਾਰ ਦੀ ਅਗਵਾਈ ਵਾਲੀ ਕਮੇਟੀ ਭੰਗ ਕੀਤੀ ਜਾਵੇ ਤੇ ਉਸ ਦੀਆਂ ਸਿਫਾਰਸ਼ਾਂ ਰੱਦ ਕੀਤੀਆਂ ਜਾਣ।

     

ਹਰਿਆਣਾ ਤੋਂ ਆਤਮਾ ਰਾਮ ਝੋਰੜ, ਵਰਿੰਦਰ ਹੁੱਡਾ ਅਤੇ ਜਸਵੀਰ ਭੱਟੀ ਨੇ ਕਿਸਾਨ ਮੋਰਚੇ ਦੀ ਪਹਿਲੀ ਜਿੱਤ ਤੇ ਕਿਰਤੀ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਾਕੀ ਰਹਿੰਦੀਆਂ ਮੰਗਾਂ ਤੇ ਵੀ ਸੰਘਰਸ਼ ਜਾਰੀ ਰੱਖਣ ਦੀ ਲੋੜ ਹੈ ਅਤੇ ਹਰਿਆਣੇ ਦੇ ਕਿਸਾਨਾਂ ਵੱਲੋਂ ਬਣਦਾ ਯੋਗਦਾਨ ਜਾਰੀ ਰਹੇਗਾ। 

     

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਉਨ੍ਹਾਂ 26 ਨਵੰਬਰ ਨੂੰ ਕਿਸਾਨ ਮੋਰਚੇ ਦੀ ਵਰ੍ਹੇਗੰਢ ਮੌਕੇ ਟਿਕਰੀ ਬਾਰਡਰ ਤੇ ਪਕੌੜਾ ਚੌਕ ਕੋਲ ਕੀਤੇ ਜਾ ਰਹੇ ਵਿਸ਼ਾਲ ਇਕੱਠ ਵਿਚ ਸਭਨਾ ਮੀਡੀਆ ਨਾਲ ਸਬੰਧਤ ਇਲੈਕਟ੍ਰੋਨਿਕ, ਪ੍ਰਿੰਟ ਮੀਡੀਆ ਅਤੇ ਕੈਮਰਾਮੈਨ ਸਮੇਤ ਸਭ ਕਿਰਤੀ ਲੋਕਾਂ ਨੂੰ ਪਹੁੰਚਣ ਦੀ ਅਪੀਲ ਕੀਤੀ।   

          

ਉੱਘੇ ਲੋਕ ਗਾਇਕ ਪੰਮੀ ਬਾਈ ਨੇ ਕਿਹਾ ਕਿ ਇਸ ਮੋਰਚੇ ਨੇ ਸਪਸ਼ਟ ਕਰ ਦਿੱਤਾ ਹੈ ਕਿ ਲੋਕਾਂ ਦੇ ਮੰਗਾਂ ਮਸਲੇ ਵੋਟ ਪਾਰਟੀਆਂ ਤੋਂ ਝਾਕ ਛੱਡ ਕੇ ਲੋਕਾਂ ਦੇ ਹੱਕੀ ਸੰਘਰਸ਼ ਨਾਲ ਹੀ ਹੱਲ ਹੋਣਗੇ।

               

ਮਾਸਟਰ ਮੇਘ ਰਾਜ ਰੱਲਾ ਦੀ ਨਿਰਦੇਸ਼ਨਾ ਹੇਠ ਲੋਕ ਸੰਗਰਾਮ ਕਲਾਮੰਚ ਰੱਲਾ ਵੱਲੋਂ ਮੋਰਚੇ ਨਾਲ ਸਬੰਧਤ ਭੰਗੜਾ ਤੇ ਬੰਬੀਹਾ ਪੇਸ਼ ਕੀਤਾ ਗਿਆ। ਅੱਜ ਦੀ ਸਟੇਜ ਤੋਂ ਹਰਿਆਣਾ ਦੇ ਆਗੂ ਜਜਬੀਰ ਝੱਜਰ ਅਤੇ ਪੰਜਾਬ ਤੋਂ ਗੁਰਦੇਵ ਸਿੰਘ ਗੱਜੂਮਾਜਰਾ, ਸੁਖਵੰਤ ਸਿੰਘ ਵਲਟੋਹਾ ਅਤੇ ਹਰਜੀਤ ਸਿੰਘ ਮਹਿਲਾ ਨੇ ਵੀ ਸੰਬੋਧਨ ਕੀਤਾ।

 

Leave a Reply

Your email address will not be published. Required fields are marked *