ਭਾਜਪਾ ਦੇ ਸਿੱਖ ਨੇਤਾ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੁੰ ਜ਼ੈਡ ਸੁਰੱਖਿਆ ਮੁਹੱਈਆ ਕਰਵਾਉਣ ‘ਤੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਸੁਰੱਖਿਆ ਅੱਜ ਸਟੇਟਸ ਸਿੰਬਲ ਨਹੀਂ ਬਲਕਿ ਜ਼ਰੂਰਤ ਬਣ ਗਈ ਹੈ।
ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਿੱਖਾਂ ਦੀ ਸਰਵ ਉਚ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੁੰ ਜ਼ੈਡ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਹੈ। ਉਹਨਾਂ ਕਿਹਾ ਕਿ ਇਸ ਫੈਸਲੇ ਲਈ ਉਹ ਕੇਂਦਰ ਸਰਕਾਰ ਖਾਸ ਤੌਰ ‘ਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦਾ ਧੰਨਵਾਦ ਕਰਦੇ ਹਨ। ਉਹਨਾਂ ਕਿਹਾ ਕਿ ਹਾਲਾਂਕਿ ਕੁਝ ਪਾਰਟੀਆਂ ਇਹ ਪ੍ਰਚਾਰ ਕਰ ਰਹੀਆਂ ਹਨ ਕਿ ਸੁਰੱਖਿਆ ਸਟੇਟਸ ਸਿੰਬਲ ਬਣ ਗਿਆ ਹੈ ਪਰ ਅਸਲੀਅਤ ਵਿਚ ਸੁਰੱਖਿਆ ਲੋੜ ਮੁਤਾਬਕ ਹੁੰਦੀ ਹੈ। ਉਹਨਾਂ ਕਿਹਾ ਕਿ ਸਿੱਖਾਂ ਦੀ ਸਰਵ ਉਚ ਸੰਸਥਾ ਦੇ ਮੁਖੀ ਨੁੰ ਇਹ ਜ਼ੈਡ ਸੁਰੱਖਿਆ ਮੁਹੱਈਆ ਕਰਵਾਉਣਾ ਸਮੇਂ ਦੀ ਲੋੜ ਵੀ ਹੈ ਤੇ ਏਜੰਸੀਆਂ ਮੁਤਾਬਕ ਜ਼ਰੂਰੀ ਵੀ ਜਿਸ ਲਈ ਉਹ ਕੇਂਦਰ ਸਰਕਾਰ ਖਾਸ ਤੌਰ ‘ਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੇ ਧੰਨਵਾਦੀ ਹਨ।