ਨਵੀਂ ਦਿੱਲੀ- ਲਖੀਮਪੁਰ ਖੀਰੀ ਵਿਖੇ ਅੱਜ ਵਾਲੇ ਦਿਨ ਵਾਪਰੇ ਕਤਲੇਆਮ `ਚ ਸ਼ਹੀਦ ਹੋਏ ਕਿਸਾਨਾਂ ਅਤੇ ਪੱਤਰਕਾਰ ਵੀਰਾਂ ਦੀ ਯਾਦ ਵਿੱਚ ਘਟਨਾ ਸਥਾਨ ਦੇ ਨੇੜੇ ਸਥਿਤ ਗੁਰਦੁਆਰਾ ਕੰਡਾਲਾ ਘਾਟ ਵਿਖੇ ਬਰਸੀ ਸਮਾਗਮ ਵਿੱਚ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਆਗੂ ਬੂਟਾ ਸਿੰਘ ਬੁਰਜ ਗਿੱਲ, ਰਾਮਿੰਦਰ ਸਿੰਘ ਪਟਿਆਲਾ, ਜਗਮਨਦੀਪ ਸਿੰਘ ਪੜੀ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਕਿਸਾਨ ਆਗੂ ਰਾਕੇਸ਼ ਟਿਕੈਤ,
ਬਲਜਿੰਦਰ ਮਾਨ , ਗੁਰਅਮਨੀਤ ਸਿੰਘ ਮਾਂਗਟ ਉੱਤਰਾਖੰਡ ਦੇ ਕਿਸਾਨ ਆਗੂ ਤੇਜਿੰਦਰ ਸਿੰਘ ਵਿਰਕ ਅਤੇ ਜਗਤਾਰ ਸਿੰਘ ਬਾਜਵਾ ਆਦਿ ਨੇ ਸ਼ਮੂਲੀਅਤ ਕੀਤੀ।ਇਸ ਮੌਕੇ ਸਜੇ ਪੰਡਾਲ ਵਿੱਚ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕਾਂ ਦੀ ਸ਼ਮੂਲੀਅਤ ਇਹ ਦੱਸ ਰਹੀ ਹੈ ਕਿ ਲੋਕ ਆਪਣੇ
ਸ਼ਹੀਦਾਂ ਨੂੰ ਹਮੇਸ਼ਾਂ ਯਾਦ ਰੱਖਦੇ ਅਤੇ ਪ੍ਰੇਰਨਾ ਲੈਂਦੇ ਹਨ।ਜੁੜੇ ਇਕੱਠ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਤਿੰਨ ਆਗੂਆਂ ਰਾਕੇਸ਼ ਟਿਕੈਤ, ਬੂਟਾ ਸਿੰਘ ਬੁਰਜ ਗਿੱਲ ਅਤੇ ਰਾਮਿੰਦਰ ਸਿੰਘ ਪਟਿਆਲਾ ਨੇ ਸੰਬੋਧਨ ਕੀਤਾ।ਸਮਾਗਮ ਦੌਰਾਨ ਜੇਲ੍ਹ ਵਿੱਚ ਬੰਦ ਨੌਜਵਾਨ
ਕਿਸਾਨਾਂ ਦੇ ਪਰਿਵਾਰਾਂ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਆਰਥਿਕ ਸਹਾਇਤਾ ਭੇਟ ਕਰਨ ਦੇ ਨਾਲ-ਨਾਲ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਪ੍ਰੋਗਰਾਮ ਦੌਰਾਨ ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਆਪਣੀ ਹਾਜ਼ਰੀ ਵੀ ਲਗਵਾਈ।ਵਰਣਨਯੋਗ ਹੈ ਕਿ ਅੱਜ ਦੇਸ਼ ਭਰ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਲਖੀਮਪੁਰ ਖੀਰੀ ਕਾਂਡ ਦਾ ਨਿਆਂ ਲੈਣ ਨਾਲ ਸਬੰਧਤ ਮੰਗਾਂ ਨੂੰ ਲੈਕੇ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ।